Friday, 21 May 2021

ਕੋਵਿਡ ਮਰੀਜ਼ਾਂ ਤੋਂ ਵਾਧੂ ਖ਼ਰਚਾ ਵਸੂਲਣ ’ਤੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਹੋਵੇਗੀ ਕਾਰਵਾਈ-ਡੀ. ਸੀ

104 ਹੈਲਪਲਾਈਨ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਦਰਜ ਕਰਵਾਈ ਜਾ ਸਕਦੀ ਹੈ ਸ਼ਿਕਾਇਤ
ਨਵਾਂਸ਼ਹਿਰ, 21 ਮਈ :- ਜੇਕਰ ਕੋਈ ਪ੍ਰਾਈਵੇਟ ਹਸਪਤਾਲ ਕੋਵਿਡ-19 ਮਰੀਜ਼ਾਂ ਤੋਂ ਵਾਧੂ ਖ਼ਰਚਾ ਵਸੂਲਦਾ ਹੈ ਤਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦਾ ਸੋਸ਼ਣ ਕਰਦਾ ਹੈ ਤਾਂ ਜ਼ਿਲਾ ਪ੍ਰਸ਼ਾਸਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗਾ। ਉਨਾਂ ਕਿਹਾ ਕਿ ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਆਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ। ਉਨਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਪ੍ਰਾਈਵੇਟ ਹਸਪਤਾਲ ਨੂੰ ਮਰੀਜ਼ ਦੀ ਮਜਬੂਰੀ ਦਾ ਫਾਇਦਾ ਉਠਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸ਼ਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇਕ ਚੰਗੀ ਮਿਸਾਲ ਕਾਇਮ ਕੀਤੀ ਹੈ ਪਰੰਤੂ ਸਿਸਟਮ ਵਿਚ ਕੁਝ ਅਜਿਹੇ ਵਿਅਕਤੀ ਵੀ ਹਨ, ਜੋ ਸਥਿਤੀ ਦਾ ਅਣਉਚਿਤ ਫਾਇਦਾ ਉਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ। ਉਨਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਲੋਕ ਸਮੁੱਚੇ ਪੇਸ਼ੇ ਦੇ ਅਕਸ ਨੂੰ ਢਾਹ ਲਾ ਰਹੇ ਹਨ। ਉਨਾਂ ਅਜਿਹੇ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਤੁਰੰਤ ਬਾਜ ਆ ਜਾਣ, ਨਹੀਂ ਤਾਂ ਸਖ਼ਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਉਨਾਂ ਦੱਸਿਆ ਕਿ ਸੂਬਾ ਅਤੇ ਜ਼ਿਲਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ-19 ਮਰੀਜ਼ਾਂ ਦੇ ਇਲਾਜ ਦਾ ਵਿਸਥਾਰਤ ਆਡਿਟ ਕਰੇਗੀ। ਉਨਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ ਉੱਤੇ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰਵਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਪਹਿਲਾਂ ਹੀ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਐਂਬੂਲੈਂਸਾਂ ਆਦਿ ਦੇ ਰੇਟ ਨਿਰਧਾਰਤ ਕੀਤੇ ਗਏ ਹਨ ਅਤੇ ਇਨਾਂ ਤੋਂ ਵੱਧ ਚਾਰਜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।  

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME