Wednesday, 17 August 2022

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਅਪੀਲ

ਕੀਟਨਾਸ਼ਕ ਡੀਲਰਾਂ ਨੂੰ ਪਾਬੰਦੀਸ਼ੁਦਾ ਦਵਾਈਆਂ ਬਾਸਮਤੀ ਵਾਲੇ ਕਿਸਾਨਾਂ ਨੂੰ ਨਾ ਵੇਚਣ ਦੀ ਹਦਾਇਤ
ਨਵਾਂਸ਼ਹਿਰ, 17 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ  ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ 'ਤੇ ਨਜ਼ਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ, ਨੇ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਆਪ-ਆਪਣੇ ਜ਼ਿਲ੍ਹੇ ਵਿੱਚ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਇਨ੍ਹਾਂ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਆਖਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਤੇ ਕਿਸਾਨ ਭਲਾਈ ਅਫ਼ਸਰ ਡਾ. ਹਰਵਿੰਦਰ ਲਾਲ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ।
ਉਨ੍ਹਾਂ ਕਿਹਾ ਐਸੀਫੇਟ, ਬੁਪਰੋਫੇਜਨਿ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜ਼ੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜਮਿ ਟ੍ਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ 'ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜ਼ੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿੱਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਤੈਅ ਐਮ ਆਰ ਐਲ ਤੋਂ ਕਿਤੇ ਵੱਧ ਪਾਇਆ ਗਿਆ ਹੈ। ਐਸੋਸੀਏਸ਼ਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸ਼ਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪਾਸੋਂ ਇਨ੍ਹਾਂ ਖੇਤੀ ਰਸਾਇਣਾਂ 'ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਹੈ ਜੋ ਬਜ਼ਾਰ ਵਿੱਚ ਉਪਲਬਧ ਹਨ।      
ਡਾ. ਹਰਵਿੰਦਰ ਲਾਲ ਨੇ ਜ਼ਿਲ੍ਹੇ ਦੇ ਬਾਸਮਤੀ ਉਤਪਾਦਕ ਕਿਸਾਨਾਂ ਨੂੰੁ ਉਤਕ ਪਾਬੰਦੀਸ਼ੁਦਾ ਰਸਾਇਣਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦਿਆਂ ਆਪਣੀ ਫ਼ਸਲ ਦੀ ਗੁਣਵੱਤਾ ਵਧਾਉਣ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹੇੇ ਦੇ ਕੀਟਨਾਸ਼ਕ ਡੀਲਰਾਂ ਨੂੰ ਵੀ ਕਿਸਾਨਾਂ ਨੂੰ ਉਕਤ ਪਾਬੰਦੀਸ਼ੁਦਾ ਰਸਾਇਣਾਂ ਬਾਰੇ ਜਾਗਰੂਕ ਕਰਨ ਅਤੇ ਇਨ੍ਹਾਂ ਦੀ ਵਿੱਕਰੀ ਨਾ ਕਰਨ ਦੀ ਹਦਾਇਤ ਕੀਤੀ ਹੈ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME