ਨਵਾਂਸ਼ਹਿਰ, 10 ਅਗਸਤ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਅੱਜ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ ਦੀ ਓਪੀਡੀ, ਆਈਪੀਡੀ, ਜੱਚਾ-ਬੱਚਾ ਵਾਰਡ ਅਤੇ ਐਮਰਜੈਂਸੀ ਵਾਰਡ ਸਮੇਤ ਵੱਖ-ਵੱਖ ਵਾਰਡਾਂ ਵਿਖੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹਸਪਤਾਲ 'ਚ ਮੈਡੀਕਲ ਸਾਜੋ-ਸਮਾਨ ਦੀ ਚੈਕਿੰਗ ਵੀ ਕੀਤੀ। ਡਾ. ਜਸਪ੍ਰੀਤ ਕੌਰ ਨੇ ਹਸਪਤਾਲ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਚ ਕੋਈ ਵੀ ਮਰੀਜ਼ ਖੱਜ਼ਲ-ਖੁਆਰ ਨਹੀਂ ਹੋਣਾ ਚਾਹੀਦਾ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ। ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਇਸ ਮੌਕੇ ਸਿਵਲ ਸਰਜਨ ਨੇ ਲੋਕਾਂ ਨੂੰ ਵੀ ਪੰਜਾਬ ਸਰਕਾਰ ਦੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।