- ਸਿਹਤ ਵਿਭਾਗ ਹਸਪਤਾਲਾਂ 'ਚ ਆਏ ਹਰ ਇੱਕ ਮਰੀਜ਼ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ
ਨਵਾਂਸ਼ਹਿਰ, 27 ਜਨਵਰੀ 2024: ਪੰਜਾਬ ਸਰਕਾਰ ਨੇ ਆਯੂਸ਼ਮਾਨ ਭਾਰਤ - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਿੱਚ ਸਰਬਉਤਮ ਪ੍ਰਦਰਸ਼ਨ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੂੰ ਸਨਮਾਨਿਤ ਕੀਤਾ ਹੈ।
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਖਣਨ ਤੇ ਭੂ-ਵਿਗਿਅਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਈ.ਟੀ.ਆਈ ਗਰਾਊਂਡ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ 75ਵੇਂ ਗਣਤੰਤਰ ਦਿਵਸ ਸਮਾਗਮ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਿਭਾਉਣ ਉਪਰੰਤ ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਕਮਿਊਨਿਟੀ ਸਿਹਤ ਕੇਂਦਰ, ਬੰਗਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਸਬ ਡਿਵੀਜਨ ਹਸਪਤਾਲ, ਬਲਾਚੌਰ ਦੇ
ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੂੰ ਇਸ ਉਪਲੱਬਧੀ ਲਈ ਵਧਾਈ ਦਿੰਦਿਆਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਸ ਸਬੰਧੀ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਊਨਿਟੀ ਸਿਹਤ ਕੇਂਦਰ, ਬੰਗਾ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮਰੀਜ਼ਾਂ ਦਾ ਇਲਾਜ ਕਰਨ 'ਚ ਕਮਿਊਨਿਟੀ ਸਿਹਤ ਕੇਂਦਰ ਪੱਧਰ ਦੇ ਹਸਪਤਾਲਾਂ 'ਚੋਂ ਪੰਜਾਬ ਭਰ 'ਚੋਂ ਪਹਿਲੇ ਸਥਾਨ 'ਤੇ ਰਿਹਾ ਹੈ, ਜਦੋਂਕਿ ਜ਼ਿਲ੍ਹਾ ਹਸਪਤਾਲ ਪੱਧਰ ਦੇ ਹਸਪਤਾਲਾਂ 'ਚੋਂ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੇ ਪੂਰੇ ਰਾਜ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣਾ ਝੰਡਾ ਗੱਡਿਆ ਹੈ। ਇਸੇ ਤਰ੍ਹਾਂ ਸਬ ਡਿਵੀਜ਼ਨ ਹਸਪਤਾਲ ਪੱਧਰ ਦੇ ਹਸਪਤਾਲਾਂ 'ਚੋਂ ਸਬ ਡਿਵੀਜ਼ਨ ਹਸਪਤਾਲ, ਬਲਾਚੌਰ ਨੇ ਸੂਬੇ ਵਿੱਚ 14ਵਾਂ ਸਥਾਨ ਹਾਸਿਲ ਕਰਕੇ ਨਾਮਣਾ ਖੱਟਿਆ ਹੈ।
ਸਿਵਲ ਸਰਜਨ ਡਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਦੇ ਕਮਿਊਨਿਟੀ ਹੈਲਥ ਸੈਂਟਰ, ਬੰਗਾ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਤੇ ਸਬ ਡਿਵੀਜਨ ਹਸਪਤਾਲ, ਬਲਾਚੌਰ ਨੇ ਪੰਜਾਬ ਭਰ ਵਿਚੋਂ ਬਾਜੀ ਮਾਰ ਲਈ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 1 ਅਗਸਤ 2023 ਤੋਂ 31 ਦਸੰਬਰ 2023 ਤੱਕ ਦੇ ਜਾਰੀ ਅੰਕੜਿਆਂ ਅਨੁਸਾਰ ਕਮਿਊਨਿਟੀ ਸਿਹਤ ਕੇਂਦਰਾਂ ਦੇ ਵਰਗ ਵਿੱਚ ਕਮਿਊਨਿਟੀ ਸਿਹਤ ਕੇਂਦਰ, ਬੰਗਾ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ-ਸਿਹਤ ਬੀਮਾ ਯੋਜਨਾ ਅਧੀਨ 688 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਹੈ। ਇਹ ਅੰਕੜਾ ਪੰਜਾਬ ਭਰ ਦੇ ਕਮਿਊਨਿਟੀ ਸਿਹਤ ਕੇਂਦਰਾਂ 'ਚੋਂ ਸੱਭ ਤੋਂ ਵੱਧ ਹੈ, ਜਦੋਂਕਿ ਇਸੇ ਸਮੇਂ ਦੌਰਾਨ ਜ਼ਿਲ੍ਹਾ ਹਸਪਤਾਲਾਂ ਦੇ ਵਰਗ ਵਿੱਚ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੇ ਇਸ ਬੀਮਾ ਯੋਜਨਾ ਅਧੀਨ 2449 ਮਰੀਜ਼ਾਂ ਦਾ ਮੁਫ਼ਤ ਇਲਾਜ ਕਰਕੇ ਪੂਰੇ ਸੂਬੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਬ ਡਿਵੀਜਨ ਹਸਪਤਾਲ, ਬਲਾਚੌਰ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ-ਸਿਹਤ ਬੀਮਾ ਯੋਜਨਾ ਅਧੀਨ 313 ਮਰੀਜ਼ਾਂ ਦਾ ਮੁਫ਼ਤ ਇਲਾਜ ਕਰਕੇ ਪੂਰੇ ਸੂਬੇ ਵਿੱਚੋਂ 14ਵਾਂ ਸਥਾਨ ਹਾਸਿਲ ਕਰਕੇ ਬਿਹਤਰ ਪ੍ਰਦਰਸ਼ਨ ਕੀਤਾ ਹੈ।
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਹੀ ਕੋਸ਼ਿਸ਼ ਹੁੰਦੀ ਹੈ ਕਿ ਹਸਪਤਾਲਾਂ 'ਚ ਆਏ ਹਰ ਇੱਕ ਮਰੀਜ਼ ਨੂੰ ਸਰਲ ਤੇ ਮੁਫ਼ਤ ਇਲਾਜ ਮਿਲੇ। ਜ਼ਿਲ੍ਹੇ ਦੇ ਹਸਪਤਾਲਾਂ ਵਿਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਇਹ ਸਿਹਤ ਸਹੂਲਤਾਂ ਹਰ ਇਕ ਵਿਅਕਤੀ ਦੀ ਪਹੁੰਚ ਵਿੱਚ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਲੋੜਵੰਦ ਵਿਅਕਤੀ ਸਮੇਂ ਸਿਰ ਸਿਹਤ ਸਹੂਲਤਾਂ ਦਾ ਲਾਭ ਲੈ ਸਕੇ।
ਆਯੂਸ਼ਮਾਨ ਭਾਰਤ - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਿੱਚ ਸਰਬਉਤਮ ਪ੍ਰਦਰਸ਼ਨ ਕਰਨਾ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੀਆਂ ਮਾਨਵਤਾ ਪ੍ਰਤੀ ਸੇਵਾਵਾਂ ’ਤੇ ਮੋਹਰ ਹੈ।