Monday, 2 December 2024

ਸਹਿਬਾਜਪੁਰ ਸੜਕ ਹਾਦਸਾ : ਸਿਹਤ ਵਿਭਾਗ ਨੇ ਜ਼ਖਮੀਆਂ ਦਾ ਫਰਿਸ਼ਤੇ ਸਕੀਮ ਤਹਿਤ ਕੀਤਾ ਮੁਫ਼ਤ ਇਲਾਜ

ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਦੌਰਾ ਕਰਕੇ ਜ਼ਖਮੀਆਂ ਦਾ ਹਾਲਚਾਲ ਪੁੱਛਿਆ

- ਸਾਰੇ ਜ਼ਖਮੀਆਂ ਦੀ ਸਿਹਤ 'ਤੇ ਲਗਾਤਾਰ ਨਿਗਰਾਨੀ ਰੱਖਣ ਦੀ ਹਦਾਇਤ
ਨਵਾਂਸ਼ਹਿਰ, 2 ਦਸੰਬਰ : ਇਥੋਂ ਥੋੜ੍ਹੀ ਦੂਰ ਜਾਡਲਾ-ਰਾਹੋਂ ਰੋਡ ਸਥਿਤ ਪਿੰਡ ਸਹਿਬਾਜਪੁਰ ਨਜ਼ਦੀਕ ਵਾਪਰੇ ਸੜਕ ਹਾਦਸੇ ਵਿੱਚ 22 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 6 ਗੰਭੀਰ ਜ਼ਖਮੀ ਵਿਅਕਤੀਆਂ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ। ਇਹ ਸਾਰੇ ਜ਼ਖਮੀ ਜੋ ਕਿ ਕੇਟਰਿੰਗ ਦਾ ਕੰਮ ਕਰਦੇ ਹਨ, ਪਟਿਆਲਾ ਤੋਂ ਟਾਟਾ 407 ਵਿੱਚ ਸਵਾਰ ਹੋ ਕੇ ਆ ਰਹੇ ਸਨ।

ਇਸੇ ਦਰਮਿਆਨ ਸੜਕ ਹਾਦਸੇ ਦੀ ਖਬਰ ਮਿਲਦਿਆਂ ਹੀ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਤੁਰੰਤ ਹਰਕਤ ਵਿਚ ਆਉਂਦਿਆਂ 108 ਐਂਬੂਲੈਂਸ ਰਾਹੀਂ ਜ਼ਖਮੀਆਂ ਨੂੰ ਨੇੜਲੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਭਰਤੀ ਕਰਵਾਇਆ, ਜਿਥੇ ਫਰਿਸ਼ਤੇ ਸਕੀਮ ਤਹਿਤ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕੀਤਾ ਗਿਆ। ਉਨ੍ਹਾਂ ਨੂੰ ਮੈਡੀਕਲ ਲੈਬ ਟੈਸਟ, ਐਕਸਰੇ ਅਤੇ ਦਵਾਈਆਂ ਦੀ ਮੁਫ਼ਤ ਸਹੂਲਤ ਮੁਹੱਈਆ ਕਰਵਾਈ ਗਈ। 

ਇਸੇ ਦੌਰਾਨ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਦੌਰਾ ਕਰਕੇ ਜ਼ਖਮੀਆਂ ਦਾ ਹਾਲਚਾਲ ਪੁੱਛਿਆ। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿੱਚ ਸਮੇਂ ਸਿਰ ਇਲਾਜ ਮਿਲਣ ਨਾਲ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਹਸਪਤਾਲ ਵਿੱਚ ਭਰਤੀ ਸਾਰੇ ਜ਼ਖਮੀਆਂ ਦੀ ਹਾਲਤ ਸਥਿਤ ਹੈ। ਉਨ੍ਹਾਂ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਸਮੇਤ ਸਾਰੇ ਮੈਡੀਕਲ ਸਟਾਫ ਨੂੰ ਸਾਰੇ ਜ਼ਖਮੀਆਂ ਦੀ ਸਿਹਤ 'ਤੇ ਲਗਾਤਾਰ ਨਿਗਰਾਨੀ ਰੱਖਣ ਦੀ ਹਦਾਇਤ ਵੀ ਕੀਤੀ।

ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਸਾਰੇ ਜ਼ਖਮੀਆਂ ਦਾ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਕੀਤਾ ਹੈ। ਫਰਿਸ਼ਤੇ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਰਾਜ ਸਿਹਤ ਏਜੰਸੀ ਨੇ ਸੜਕ ਹਾਦਸਾ ਪੀੜਤਾਂ ਦੇ ਇਲਾਜ ਲਈ 52 ਪੈਕੇਜ ਨਿਰਧਾਰਿਤ ਕੀਤੇ ਹਨ, ਜਿਨ੍ਹਾਂ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੰਤਵ ਕਿਸੇ ਵੀ ਤਰ੍ਹਾਂ ਦੇ ਸੜਕ ਹਾਦਸੇ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੈ। ਡਾ. ਸਿੰਘ ਨੇ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਫਰਿਸ਼ਤੇ ਸਕੀਮ ਤਹਿਤ ਪੰਜਾਬ ਅੰਦਰ ਹੋਏ ਸੜਕ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਭਾਵੇਂ ਉਹ ਕਿਸੇ ਵੀ ਸੂਬੇ ਦੇ ਵਸਨੀਕ ਹੋਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਅਸੀਂ ਸੜਕ ਹਾਦਸਾ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਤੇ ਸੁਚੱਜੀ ਵਰਤੋਂ ਕਰਦੇ ਹਾਂ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਸੜਕ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਯਕੀਨੀ ਬਣਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਬਣਦੀ ਦੇਖਭਾਲ ਮਿਲ ਜਾਵੇ, ਤਾਂ ਉਸਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।


ਫੋਟੋ ਕੈਪਸ਼ਨ : -ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਜ਼ਖਮੀਆਂ ਦਾ ਹਾਲਚਾਲ ਪੁੱਛਦੇ ਹੋਏ ਸਿਵਲ ਸਰਜਨ ਡਾ. ਜਸਪ੍ਰੀਤ ਕੌਰ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME