ਪਿੰਡ ਹੈਪੋਵਾਲ ‘ਚ ਨਸ਼ਿਆ ਵਿਰੁੱਧ ਜਾਗਰੂਕਤਾ ਪ੍ਰੋਗਰਾਮ, ਅਲਾਮਤ ਖਿਲਾਫ ਸਾਂਝੇ ਯਤਨਾਂ ਦੀ ਲੋੜ ‘ਤੇ ਜ਼ੋਰ
ਸਮਾਜਿਕ ਸੰਸਥਾਵਾਂ ਅਤੇ ਕਲੱਬਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਅਹਿਮ ਭੁਮਿਕਾ ਨਿਭਾਉਣ ਦਾ ਸੱਦਾ
ਬੰਗਾ, 25 ਜੁਲਾਈ: ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ
ਨੇ ਪਿੰਡ ਹੈਪੋਵਾਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦੌਰਾਨ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇੱਕਮੁੱਠ ਹੋ ਕੇ ਹੰਭਲਾ ਮਾਰਨਾ ਸਮੇਂ ਦੀ ਮੁੱਖ ਮੰਗ ਹੈ।
ਜਾਗਰੂਕਤਾ ਪ੍ਰੋਗਰਾਮ ਮੌਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋੰ ਲਗਾਤਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ । ਉਨ੍ਹਾਂ ਨੇ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਉਪਰਾਲਿਆਂ ਦੇ ਨਾਲ-ਨਾਲ ਸਿਹਤ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਹੋਣਾ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਹੋਰ ਉਸਾਰੂ ਸਰਗਰਮੀਆਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਕਲੱਬਾਂ ਦੇ ਸਹਿਯੋਗ ਨਾਲ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ ਜਾਣੀ ਚਾਹੀਦੀ ਹੈ ਜਿਸ ਲਈ ਪੰਜਾਬ ਸਰਕਾਰ, ਜ਼ਿਲਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਹਰ ਸੰਭਵ ਸਹਿਯੋਗ ਯਕੀਨੀ ਬਣਾਇਆ ਜਾਵੇਗਾ।
ਨਸ਼ਾ ਵੇਚਣ ਵਾਲੇ ਅਨਸਰਾਂ ਖ਼ਿਲਾਫ਼ ਪੰਜਾਬ ਸਰਕਾਰ ਦੇ ਰੁਖ ਬਾਰੇ ਵਿਧਾਇਕ ਡਾ. ਸੁੱਖੀ ਨੇ ਕਿਹਾ ਕਿ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਵਿਰੂੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ "ਯੁੱਧ ਨਸ਼ਿਆਂ ਵਿਰੁੱਧ" ਦੇ ਬੀਤੇ ਦਿਨ ਹੋਏ 145 ਦਿਨਾਂ ਦੌਰਾਨ ਪੰਜਾਬ ਪੁਲਿਸ ਨੇ 400 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ।
ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ਜੋ ਇਸ ਖੇਤਰ ਵਿੱਚ ਹੋ ਰਹੀਆਂ ਕਾਰਵਾਈਆਂ ਦੀ ਲਗਾਤਾਰ ਸਮੀਖਿਆ ਕਰਦੀ ਹੈ। ਪਿੰਡ ਵਾਸੀਆਂ ਨੇ ਵਿਧਾਇਕ ਨੂੰ ਪੂਰਾ ਭਰੋਸਾ ਦਿੱਤਾ ਕਿ ਨਸ਼ਿਆ ਦੇ ਖਾਤਮੇ ਲਈ ਹਰ ਪੱਖੋਂ ਸਹਿਯੋਗ ਕੀਤਾ ਜਾਵੇਗਾ ।
ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਨਗਰ ਵਿਚ ਹੁਣ ਤੱਕ 440 ਦੇ ਕਰੀਬ ਨਸ਼ਾ ਮੁਕਤੀ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ ਜੋ ਅੱਗੋਂ ਤੋਂ ਵੀ ਨਿਰਵਿਘਨ ਜਾਰੀ ਰਹਿਣਗੇ।
ਕੈਪਸ਼ਨ਼ ਸੁਖਵਿੰਦਰ ਕੁਮਾਰ ਸੁੱਖੀ ਪਿੰਡ ਹੈਪੋਵਾਲ ਵਿਖੇ ਨਸ਼ਾ ਮੁਕਤੀ ਪ੍ਰੋਗਰਾਮ ਦੌਰਾਨ ।