| ਕੈਪਸ਼ਨ : ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਅੰਮ੍ਰਿਤਸਰ ਮੈਡੀਕਲ ਕਾਲਜ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ। |
ਸਿਹਤ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਅਜਨਾਲਾ ਅਤੇ ਰਾਮਦਾਸ ਵਿਖੇ ਲੋਕਾਂ ਨੂੰ
ਨਿਰਵਿਘਨ ਸਿਹਤ ਸੇਵਾਵਾਂ ਦੇਣ ਲਈ 15 ਐਬੂਲੈਂਸਾਂ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ
ਤੋਂ ਕੀਤੀਆਂ ਰਵਾਨਾ
ਕਿਡਨੀ ਤੋਂ ਪੀੜ੍ਹਤ ਬੱਚੇ ਦੇ ਪਰਿਵਾਰ ਨੂੰ ਦਿੱਤਾ 50 ਹਜ਼ਾਰ ਰੁਪਏ ਦਾ ਚੈੱਕ
ਹੈਲਪਲਾਈਨ ਨੰਬਰ 104 ਤੇ ਕਾਲ ਕਰਕੇ ਲਈ ਜਾ ਸਕਦੀ ਮੈਡੀਕਲ ਸਹਾਇਤਾ
ਅੰਮ੍ਰਿਤਸਰ 12 ਸਤੰਬਰ (ਬਿਊਰੋ ਚੀਫ) ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਅੱਜ ਅੰਮ੍ਰਿਤਸਰ ਮੈਡੀਕਲ ਕਾਲਜ ਤੋਂ ਅਜਨਾਲਾ ਦੇ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ 15 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ 2 ਸਤੰਬਰ 2025 ਨੂੰ ਵੀ ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 23 ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ, ਜੋ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਦੀ ਮੈਡੀਕਲ ਜਾਂਚ ਕਰ ਰਹੀਆਂ ਹਨ ਅਤੇ ਉਨਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹੰਗਾਮੀ ਹਾਲਤ ਨੂੰ ਦੇਖਦਿਆਂ ਲੋਕਾਂ ਦੀ ਸਿਹਤ ਦੀ ਸੁਚੱਜੀ ਸੰਭਾਲ ਲਈ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਐਂਬੂਲੈਸਾਂ ਭੇਜੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਨਾਂ ਐਂਬੂਲੈਸਾਂ ਵਿੱਚ ਤਾਇਨਾਤ ਮੈਡੀਕਲ ਟੀਮਾਂ ਵਲੋਂ ਲੋਕਾਂ ਦੀ ਸਿਹਤ ਜਾਂਚ ਕਰਕੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਜਾਵੇ ਤਾਂ ਜੋ ਉਨਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।
ਸਿਹਤ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਸਾਡਾ ਸਭ ਤੋਂ ਪਹਿਲਾਂ ਕੰਮ ਲੋਕਾਂ ਨੂੰ ਰੈਸਕਿਊ ਕਰਕੇ ਰਾਹਤ ਸਮੱਗਰੀ ਪਹੁੰਚਾਉਣੀ ਸੀ। ਉਨਾਂ ਕਿਹਾ ਕਿ ਹੁਣ ਪਾਣੀ ਦਾ ਪੱਧਰ ਕਾਫ਼ੀ ਘੱਟ ਗਿਆ ਹੈ ਅਤੇ ਸਾਡੇ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਫਾਗਿੰਗ ਅਤੇ ਐਂਟੀ ਲਾਰਵਾ ਸਪਰੇਅ ਕਰ ਰਹੀਆਂ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਕਿਸੇ ਵੀ ਮੈਡੀਕਲ ਸਹਾਇਤਾ ਲਈ ਹੈਲਪਲਾਈਨ ਨੰਬਰ 104 ਤੇ ਡਾਇਲ ਕਰਕੇ ਮੈਡੀਕਲ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਸਾਡੀਆਂ ਟੀਮਾਂ ਉਸੇ ਸਮੇਂ ਉਥੇ ਪਹੁੰਚਣਗੀਆਂ ਅਤੇ ਪੀੜ੍ਹਤ ਵਿਅਕਤੀ ਨੂੰ ਮੁਫ਼ਤ ਇਲਾਜ ਅਤੇ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ ਘਰ ਜਾ ਕੇ ਡੇਂਗੂ ਤੇ ਚਿਕਨਗੁਨੀਆਂ ਦੇ ਰੋਗਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੱਕੀ ਵਿਅਕਤੀਆਂ ਦੇ ਬਲੱਡ ਸੈਂਪਲ ਵੀ ਲਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਮੈਡੀਕਲ ਕੈਂਪ ਵੀ ਲਗਾਏ ਗਏ ਹਨ। ਉਨਾਂ ਦੱਸਿਆ ਕਿ ਸੱਪ ਦੇ ਡੰਗਣ ਦੇ ਕੇਸ ਵੀ ਸਾਹਮਣੇ ਆ ਰਹੇ ਹਨ, ਇਸ ਲਈ ਸਿਹਤ ਵਿਭਾਗ ਵੱਲੋਂ ਏਨ੍ਹਾਂ ਖੇਤਰਾਂ ਵਿੱਚ ਐਂਟੀ ਸਨੇਕ ਵੈਨਮ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ।
ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਰੈਸਕਿਊ ਆਪਰੇਸ਼ਨ ਦੌਰਾਨ ਇਕ ਅੱਠ ਸਾਲ ਦੇ ਬੱਚੇ ਨੂੰ ਜੋ ਕਿ ਕਿਡਨੀ ਦੀ ਬਿਮਾਰੀ ਤੋਂ ਪੀੜ੍ਹਤ ਸੀ ਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਿਲ ਕਰਵਾ ਦਿੱਤਾ ਗਿਆ ਸੀ। ਉਨਾਂ ਦੱਸਿਆ ਕਿ ਇਸ ਬੱਚੇ ਦੇ ਇਲਾਜ ਦਾ ਸਾਰਾ ਖਰਚ, ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ। ਉਨਾਂ ਮੀਡੀਆ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਖ਼ਬਰਾਂ ਤੋਂ ਹੀ ਇਸ ਬੱਚੇ ਦੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੂੰ ਪਹੁੰਚੀ ਸੀ, ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਨੂੰ ਤੁਰੰਤ ਹਸਪਤਾਲ ਦਾਖਿਲ ਕਰਵਾਇਆ ਗਿਆ।
ਸਿਹਤ ਮੰਤਰੀ ਪੰਜਾਬ ਨੇ ਅੱਜ ਕਿਡਨੀ ਰੋਗ ਤੋਂ ਪੀੜ੍ਹਤ ਅੱਠ ਸਾਲਾ ਬੱਚੇ, ਅਭਿਜੋਤ ਸਿੰਘ ਦਾ ਹਾਲ ਚਾਲ ਜਾਨਣ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪੁੱਜੇ ਅਤੇ ਪੀੜ੍ਹਤ ਲੜਕੇ ਦੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦਾ ਚੈੱਕ ਵੀ ਭੇਟ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਇਸ ਪਰਿਵਾਰ ਦਾ ਜੋ ਵੀ ਨੁਕਸਾਨ ਹੋਇਆ ਹੈ ਉਸਦਾ ਮੁਆਵਜਾ ਦੇਵੇਗੀ। ਉਨਾਂ ਦੱਸਿਆ ਕਿ ਕਿਡਨੀ ਬਿਮਾਰੀ ਨਾਲ ਪੀੜ੍ਹਤ ਬੱਚੇ ਦੇ ਇਲਾਜ ਲਈ ਪੀ.ਜੀ.ਆਈ. ਦੇ ਡਾਕਟਰਾਂ ਨਾਲ ਵੀ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਸਵਰਨਜੀਤ ਧਵਨ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜੀਵ ਦੇਵਗਨ, ਐਮ.ਐਸ. ਡਾਕਟਰ ਕਰਮਜੀਤ ਸਿੰਘ, ਡਾ. ਕਿਰਨਦੀਪ ਕੌਰ ਤੋਂ ਇਲਾਵਾ ਹੋਰ ਡਾਕਟਰ ਵੀ ਹਾਜ਼ਰ ਸਨ।