ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2026
ਦੁਰਘਟਨਾਵਾਂ ‘ਤੇ ਰੋਕ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ: ਆਰ.ਟੀ.ਓ ਅਮਨਦੀਪ ਕੌਰ
ਰਿਫਲੈਕਟਰ ਲਗਾ ਕੇ ਵਾਹਨ ਚਾਲਕਾਂ ਨੂੰ ਕੀਤਾ ਗਿਆ ਜਾਗਰੂਕ
ਹੁਸ਼ਿਆਰਪੁਰ, 8 ਜਨਵਰੀ (ਪ੍ਸ਼ੋਤਮ ਲਾਲ ਦੜੋਚ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀਆਂ ਹਦਾਇਤਾਂ 'ਤੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਆਰ.ਟੀ.ਓ ਅਮਨਦੀਪ ਕੌਰ ਵੱਲੋਂ ਸਾਰੇ ਸਬੰਧਤ ਵਿਭਾਗਾਂ ਨੂੰ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2026 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਐਸਡੀਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਵੀ ਉਨ੍ਹਾਂ ਨਾਲ ਮੌਜੂਦ ਸਨ।
ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਸੜਕ ਹਾਦਸਿਆਂ ਨੂੰ ਘਟਾਉਣ, ਆਮ ਲੋਕਾਂ ਵਿੱਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਸੁਰੱਖਿਅਤ ਡਰਾਈਵਿੰਗ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਸਫਲ ਬਣਾਇਆ ਜਾ ਸਕੇ।
ਆਰ.ਟੀ.ਓ ਅਮਨਦੀਪ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿੱਖਿਆ ਵਿਭਾਗ, ਪੁਲਿਸ ਵਿਭਾਗ, ਸਿਹਤ ਵਿਭਾਗ, ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸਕੂਲਾਂ, ਕਾਲਜਾਂ, ਉਦਯੋਗਿਕ ਇਕਾਈਆਂ ਅਤੇ ਜਨਤਕ ਥਾਵਾਂ 'ਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਸੜਕੀ ਚਿੰਨ੍ਹਾਂ, ਜ਼ੈਬਰਾ ਕਰਾਸਿੰਗਾਂ, ਸਪੀਡ ਬ੍ਰੇਕਰਾਂ ਅਤੇ ਟ੍ਰੈਫਿਕ ਸਿਗਨਲਾਂ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਲੋੜੀਂਦੇ ਸੁਧਾਰ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਧੁੰਦ ਅਤੇ ਰਾਤ ਦੇ ਸਮੇਂ ਦ੍ਰਿਸ਼ਟੀ ਨੂੰ ਬਿਹਤਰ ਬਣਾਉਣ, ਹਾਦਸਿਆਂ ਦੇ ਜੋਖਮ ਨੂੰ ਘਟਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਅੱਜ ਵਾਹਨਾਂ 'ਤੇ ਰਿਫਲੈਕਟਰ ਲਗਾਏ ਗਏ ਹਨ। ਆਰਟੀਓ ਨੇ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ 'ਤੇ ਰਿਫਲੈਕਟਰ ਲਗਾਉਣ, ਹੈਲਮੇਟ ਅਤੇ ਸੀਟ ਬੈਲਟ ਪਹਿਨਣ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
ਆਰ.ਟੀ.ਓ ਅਮਨਦੀਪ ਕੌਰ ਨੇ ਕਿਹਾ ਕਿ ਸੜਕ ਸੁਰੱਖਿਆ ਇੱਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਸੁਰੱਖਿਅਤ ਸੜਕਾਂ ਨੂੰ ਸਾਰੇ ਨਾਗਰਿਕਾਂ ਦੇ ਸਹਿਯੋਗ ਨਾਲ ਹੀ ਯਕੀਨੀ ਬਣਾਇਆ ਜਾ ਸਕਦਾ ਹੈ।