-ਕਿਹਾ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ
ਹੁਸ਼ਿਆਰਪੁਰ, 23 ਜਨਵਰੀ : (ਪ੍ਰ਼ੋਤਮ ਲਾਲ ਦੜੰਚ) ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 22 ਜਨਵਰੀ ਨੂੰ ਮੁਹਾਲੀ ਵਿਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਉਹ ਮਹਿੰਗੇ ਨਿੱਜੀ ਹਸਪਤਾਲ ਵੀ ਆਮ ਲੋਕਾਂ ਦੀ ਪਹੁੰਚ ਵਿੱਚ ਆ ਗਏ ਹਨ, ਜਿੱਥੇ ਹੁਣ ਤੱਕ ਸਿਰਫ਼ ਅਮੀਰ ਵਰਗ ਹੀ ਇਲਾਜ ਕਰਵਾ ਸਕਦਾ ਸੀ। ਹੁਣ ਗ਼ਰੀਬ ਕਿਸਾਨ, ਮਜ਼ਦੂਰ, ਗਲੀ-ਮੁਹੱਲੇ ਵਾਲੇ ਅਤੇ ਰਿਕਸ਼ਾ ਚਾਲਕ ਵੀ ਬਿਨਾਂ ਕਿਸੇ ਵਿੱਤੀ ਚਿੰਤਾ ਦੇ ਦੇਸ਼ ਦੇ ਸਭ ਤੋਂ ਵਧੀਆ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੇਵਾਵਾਂ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਾਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀ ਗਈ ਸਿਹਤ ਗਾਰੰਟੀ ਦੇ ਤਹਿਤ ਹੁਣ ਹਰ ਨਾਗਰਿਕ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੱਗਭਗ 1,000 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਹਨ, ਜਦ ਕਿ ਪਿਛਲੇ 75 ਸਾਲਾਂ ਵਿੱਚ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਹੀ ਖੋਲ੍ਹੇ ਗਏ ਸਨ। ਇਸ ਤੋਂ ਇਲਾਵਾ 500 ਹੋਰ ਕਲੀਨਿਕ ਨਿਰਮਾਣ ਅਧੀਨ ਹਨ ਅਤੇ ਆਉਣ ਵਾਲੇ 4-5 ਮਹੀਨਿਆਂ ਵਿੱਚ 2,500 'ਪਿੰਡ ਕਲੀਨਿਕ' ਸ਼ੁਰੂ ਕੀਤੇ ਜਾਣਗੇ।
ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ ਪਿਛਲੇ ਚਾਰ ਸਾਲਾਂ ਵਿੱਚ 1,100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜਿਸ ਕਾਰਨ ਹੁਣ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਕੋਈ ਘਾਟ ਨਹੀਂ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਲੱਗਭਗ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਿਹਤ ਯੋਜਨਾ ਦੀ ਕੋਈ ਆਮਦਨ ਸੀਮਾ ਨਹੀਂ ਹੈ। ਸਾਰੇ ਧਰਮਾਂ, ਵਰਗਾਂ ਅਤੇ ਭਾਈਚਾਰਿਆਂ ਦੇ ਲੋਕ ਇਸ ਵਿੱਚ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ 850 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ, ਅਤੇ ਭਵਿੱਖ ਵਿੱਚ ਹੋਰ ਵੀ ਸ਼ਾਮਲ ਕੀਤੇ ਜਾਣਗੇ। ਇਸ ਯੋਜਨਾ ਵਿੱਚ ਹੁਣ 2,356 ਤੋਂ ਵੱਧ ਇਲਾਜ ਪੈਕੇਜ ਸ਼ਾਮਿਲ ਹਨ, ਜਦ ਕਿ ਪਹਿਲਾਂ ਇਹ ਗਿਣਤੀ ਸਿਰਫ਼ 1,600 ਸੀ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਵਿੱਚ ਦਿਲ ਦੀ ਬਿਮਾਰੀ, ਕੈਂਸਰ, ਗੁਰਦੇ ਡਾਇਲਸਿਸ ਅਤੇ ਟ੍ਰਾਂਸਪਲਾਂਟ, ਨਿਊਰੋ ਅਤੇ ਰੀੜ੍ਹ ਦੀ ਸਰਜਰੀ, ਜਣੇਪਾ ਸੇਵਾਵਾਂ, ਨਵਜੰਮੇ ਬੱਚੇ ਦੀ ਦੇਖ-ਭਾਲ, ਦੁਰਘਟਨਾ ਅਤੇ ਐਮਰਜੈਂਸੀ ਸੇਵਾਵਾਂ, ਗੋਡੇ-ਕਿੱਪ ਰਿਪਲੇਸਮੈਂਟ, ਮੋਤੀਆਬਿੰਦ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ ਅਤੇ ਓਨਕੋਲੋਜੀ ਸਮੇਤ ਆਰਥੋਪੈਡਿਕਸ ਵਰਗੀਆਂ ਸਾਰੀਆਂ ਪ੍ਰਮੁੱਖ ਡਾਕਟਰੀ ਸੇਵਾਵਾਂ ਸ਼ਾਮਿਲ ਹਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਖ਼ਰਚੇ ਦੇ ਨਾਲ-ਨਾਲ ਸਾਰੀਆਂ ਡਾਇਗਨੌਸਟਿਕ ਸੇਵਾਵਾਂ ਇਸ ਸਕੀਮ ਅਧੀਨ ਆਉਂਦੀਆਂ ਹਨ। ਹਸਪਤਾਲਾਂ ਨੂੰ ਇਲਾਜ ਦੇ 15 ਦਿਨਾਂ ਦੇ ਅੰਦਰ-ਅੰਦਰ ਭੁਗਤਾਨ ਕੀਤਾ ਜਾਵੇਗਾ ਅਤੇ ਰਾਜ ਸਰਕਾਰ ਨੇ ਪਹਿਲਾਂ ਹੀ ਬੀਮਾ ਕੰਪਨੀ ਕੋਲ ਇਕ ਐਡਵਾਂਸ ਪ੍ਰੀਮੀਅਮ ਜਮ੍ਹਾ ਕਰਵਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਵਿੱਚ ਸਿਹਤ ਖੇਤਰ ਵਿੱਚ ਇਕ ਇਤਿਹਾਸਕ ਤਬਦੀਲੀ ਲਿਆਏਗੀ ਅਤੇ ਦੇਸ਼ ਲਈ ਇਕ ਆਦਰਸ਼ ਮਾਡਲ ਸਾਬਿਤ ਹੋਵੇਗੀ।